ਪੰਜਾਬ ਨੂੰ ਮਿਲੇਗਾ 8500 ਕਰੋੜ ਰੁਪਏ ਦਾ ਕਰਜ਼ਾ

Punjab will raise ₹8,500 crore in loans during Q2 of FY 2025-26, with weekly borrowing ranging from ₹500 to ₹1,500 crore. The state's total debt may exceed ₹4 lakh crore by March 2026, increasing per capita debt to over ₹1.25 lakh.

0
210

ਪੰਜਾਬ ਨੂੰ ਮਿਲੇਗਾ 8500 ਕਰੋੜ ਰੁਪਏ ਦਾ ਕਰਜ਼ਾ

ਚੰਡੀਗੜ੍ਹ : ਪੰਜਾਬ ਸਰਕਾਰ ਚਾਲੂ ਵਿੱਤੀ ਸਾਲ 2025-26 ਦੀ ਦੂਜੀ ਤਿਮਾਹੀ ’ਚ 8500 ਕਰੋੜ ਦਾ ਕਰਜ਼ਾ ਚੁੱਕੇਗੀ। ਭਲਕੇ ਮੰਗਲਵਾਰ ਤੋਂ ਚਾਲੂ ਵਿੱਤੀ ਸਾਲ ਦੀ ਦੂਜੀ ਤਿਮਾਹੀ ਸ਼ੁਰੂ ਹੋ ਰਹੀ ਹੈ ਅਤੇ ਪੰਜਾਬ ਦੀ ਵਿੱਤੀ ਸਿਹਤ ਦੇ ਮੱਦੇਨਜ਼ਰ ਕਰਜ਼ੇ ’ਤੇ ਨਿਰਭਰਤਾ ਲਗਾਤਾਰ ਵਧ ਰਹੀ ਹੈ। ਰਿਜ਼ਰਵ ਬੈਂਕ ਆਫ਼ ਇੰਡੀਆ (ਆਰਬੀਆਈ) ਨੇ ਸੂਬਾ ਸਰਕਾਰ ਵੱਲੋਂ ਚੁੱਕੇ ਜਾਣ ਵਾਲੇ ਕਰਜ਼ੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਜੁਲਾਈ ਤੋਂ ਸਤੰਬਰ ਤੱਕ ਹਰ ਹਫ਼ਤੇ ਕਰਜ਼ਾ ਚੁੱਕਿਆ ਜਾਣਾ ਹੈ। ਇਕੱਲੇ ਜੁਲਾਈ ਮਹੀਨੇ ’ਚ ਦੋ ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲਿਆ ਜਾਵੇਗਾ ਜਦਕਿ ਅਗਸਤ ਮਹੀਨੇ ਤਿੰਨ ਹਜ਼ਾਰ ਕਰੋੜ ਦਾ ਉਧਾਰ ਚੁੱਕਿਆ ਜਾਣਾ ਹੈ।

ਪ੍ਰਾਪਤ ਵੇਰਵਿਆਂ ਅਨੁਸਾਰ ਸਤੰਬਰ ਮਹੀਨੇ ਵਿੱਚ 3500 ਕਰੋੜ ਰੁਪਏ ਕਰਜ਼ਾ ਲਿਆ ਜਾਣਾ ਹੈ। ਇਨ੍ਹਾਂ ਤਿੰਨ ਮਹੀਨਿਆਂ ਵਿੱਚ ਹਰ ਹਫ਼ਤੇ ਪੰਜ ਸੌ ਕਰੋੜ ਤੋਂ 1500 ਕਰੋੜ ਰੁਪਏ ਦਾ ਤੱਕ ਦਾ ਕਰਜ਼ਾ ਲਿਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਚਾਲੂ ਵਰ੍ਹੇ ਦੀ ਪਹਿਲੀ ਅਤੇ ਦੂਜੀ ਤਿਮਾਹੀ ਦੌਰਾਨ ਕੁੱਲ ਚੁੱਕਿਆ ਕਰਜ਼ਾ 14,741.92 ਕਰੋੜ ਰੁਪਏ ਹੋ ਜਾਣਾ ਹੈ। ਚਾਲੂ ਵਰ੍ਹੇ ਦੀ ਸ਼ੁਰੂਆਤ ਵਿੱਚ ਹੀ ਅਪਰੈਲ ਤੇ ਮਈ ਮਹੀਨੇ ਵਿੱਚ ਵੀ 6241.92 ਕਰੋੜ ਰੁਪਏ ਦਾ ਕਰਜ਼ਾ ਚੁੱਕਿਆ ਗਿਆ ਸੀ। ਜੂਨ ਮਹੀਨੇ ਵਿੱਚ ਕੋਈ ਕਰਜ਼ਾ ਨਾ ਲਏ ਜਾਣ ਦਾ ਪਤਾ ਲੱਗਾ ਹੈ।

ਪੰਜਾਬ ਸਿਰ 31 ਮਾਰਚ 2025 ਤੱਕ 3.82 ਲੱਖ ਕਰੋੜ ਰੁਪਏ ਕਰਜ਼ਾ ਚੜ੍ਹ ਗਿਆ ਸੀ ਜੋ ਕਿ ਕੁੱਲ ਘਰੇਲੂ ਉਤਪਾਦਨ ਦਾ 44 ਫ਼ੀਸਦੀ ਤੋਂ ਵੱਧ ਬਣਦਾ ਹੈ। ਅਨੁਮਾਨ ਹੈ ਕਿ 31 ਮਾਰਚ 2026 ਤੱਕ ਪੰਜਾਬ ਸਿਰ ਕਰਜ਼ੇ ਦਾ ਭਾਰ ਚਾਰ ਲੱਖ ਕਰੋੜ ਨੂੰ ਛੂਹ ਜਾਵੇਗਾ। ਇਸ ਲਿਹਾਜ਼ ਨਾਲ ਹਰ ਪੰਜਾਬੀ ਸਿਰ ਸਵਾ ਲੱਖ ਤੋਂ ਵੱਧ ਦਾ ਕਰਜ਼ਾ ਹੈ। ਪੰਜਾਬ ਸਰਕਾਰ ਦਾ ਇਸ ਵਰ੍ਹੇ ਦੌਰਾਨ 34201.11 ਕਰੋੜ ਦਾ ਕਰਜ਼ਾ ਚੁੱਕਣ ਦਾ ਟੀਚਾ ਹੈ। ਥੋੜ੍ਹਾ ਸਮਾਂ ਪਹਿਲਾਂ ਹੀ ਕੇਂਦਰੀ ਵਿੱਤ ਮੰਤਰਾਲੇ ਨੇ ਕਈ ਹਵਾਲੇ ਦੇ ਕੇ ਪੰਜਾਬ ਸਰਕਾਰ ਦੀ ਕਰਜ਼ਾ ਹੱਦ ’ਤੇ 16,477 ਕਰੋੜ ਦਾ ਕੱਟ ਲਗਾ ਦਿੱਤਾ ਸੀ ਜਿਸ ’ਚੋਂ ਬਾਅਦ ਵਿੱਚ ਕਰੀਬ ਚਾਰ ਹਜ਼ਾਰ ਕਰੋੜ ਰੁਪਏ ਦੀ ਬਹਾਲੀ ਕਰ ਦਿੱਤੀ ਗਈ ਸੀ। ਇਸ ਵਿੱਤੀ ਸਾਲ ਦੇ ਅਪਰੈਲ ਅਤੇ ਮਈ ਮਹੀਨੇ ਦੌਰਾਨ ਰਾਜ ਦਾ ਮਾਲੀਆ ਘਾਟਾ 5513.65 ਕਰੋੜ ਰੁਪਏ ਨੂੰ ਛੂਹ ਗਿਆ ਹੈ ਜਦਕਿ ਰਾਜ ਨੇ ਮਾਲੀਆ ਪ੍ਰਾਪਤੀਆਂ ਵਜੋਂ 12,903.04 ਕਰੋੜ ਰੁਪਏ ਪ੍ਰਾਪਤ ਕੀਤੇ ਹਨ ਅਤੇ ਮਾਲੀਆ ਖ਼ਰਚ 18416.69 ਕਰੋੜ ਰੁਪਏ ਸੀ।

LEAVE A REPLY

Please enter your comment!
Please enter your name here