ਪੰਜਾਬ ਹਾਸ-ਕਲਾਕਾਰ ਜਸਵਿੰਦਰ ਭੱਲਾ ਦਾ ਦੇਹਾਂਤ
ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਆਖਰੀ ਸਾਹ ਲਏ
ਲੁਧਿਆਣਾ : ਅਦਾਕਾਰ ਅਤੇ ਕਾਮੇਡੀਅਨ ਜਸਵਿੰਦਰ ਭੱਲਾ ਦਾ 65 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਨਾਲ ਪੰਜਾਬੀ ਮਨੋਰੰਜਨ ਜਗਤ ਸੋਗ ਵਿੱਚ ਹੈ। ਜਸਵਿੰਦਰ ਭੱਲਾ ਨੂੰ ਪੰਜਾਬੀ ਸਿਨੇਮਾ ਵਿੱਚ ਆਪਣੇ ਕਾਮੇਡੀ ਸੁਭਾਅ ਅਤੇ ਅਭੁੱਲ ਭੂਮਿਕਾਵਾਂ ਲਈ ਜਾਣਿਆ ਜਾਂਦਾ ਹੈ। ਭੱਲਾ ਫਿਲਮ ਅਤੇ ਸਟੇਜ ਦੋਵਾਂ ਵਿੱਚ ਇੱਕ ਸਥਾਈ ਵਿਰਾਸਤ ਛੱਡ ਗਏ ਹਨ।
ਜਾਣਕਾਰੀ ਅਨੁਸਾਰ, ਭੱਲਾ ਨੇ ਵੀਰਵਾਰ ਤੜਕੇ ਚਾਰ ਵਜੇ ਦੇ ਕਰੀਬ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਨ੍ਹਾਂ ਦੀ ਮੌਤ ਬ੍ਰੇਨ ਸਟਰੋਕ ਨਾਲ ਹੋਈ ਦੱਸੀ ਜਾ ਰਹੀ ਹੈ।ਉਹ ਪਿਛਲੇ ਕੁਝ ਸਮੇਂ ਤੋਂ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਹਸਪਤਾਲ ਦੇ ਸੂਤਰਾਂ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਦੇ ਸੰਚਾਰ ਵਿਭਾਗ ਦੇ ਵਧੀਕ ਨਿਰਦੇਸ਼ਕ ਡਾ. ਟੀਐਸ ਰਿਆੜ ਨੇ ਪੁਸ਼ਟੀ ਕੀਤੀ ਹੈ ਕਿ ਜਸਵਿੰਦਰ ਭੱਲਾ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਡਾਕਟਰਾਂ ਦੀ ਨਿਗਰਾਨੀ ਵਿਚ ਸਨ।
ਉਨ੍ਹਾਂ ਦਾ ਅੰਤਿਮ ਸੰਸਕਾਰ 23 ਅਗਸਤ ਨੂੰ ਮੁਹਾਲੀ ਦੇ ਬਲੌਂਗੀ ਸਥਿਤ ਸ਼ਮਸ਼ਾਨਘਾਟ ਵਿਖੇ ਹੋਵੇਗਾ। ਜਸਵਿੰਦਰ ਭੱਲਾ ਦੇ ਪਰਿਵਾਰ ਵਿਚ ਪਤਨੀ ਤੋਂ ਇਲਾਵਾ ਪੁੱਤਰ ਪੁਖਰਾਜ ਭੱਲਾ ਤੇ ਧੀ ਅਰਸ਼ਦੀਪ ਕੌਰ ਹਨ। ਧੀ ਇਸ ਵੇਲੇ ਯੂਰੋਪ ਗਈ ਹੋਈ ਸੀ, ਜੋ ਉਥੋਂ ਵਾਪਸੀ ਲਈ ਰਵਾਨਾ ਹੋ ਗਏ ਹਨ। ਭੱਲਾ ਦੀ ਮ੍ਰਿਤਕ ਦੇਹ ਸ਼ਨਿੱਚਰਵਾਰ ਨੂੰ ਸਵੇਰੇ 9 ਵਜੇ ਤੋਂ ਲੋਕਾਂ ਦੇ ਅੰਤਿਮ ਦਰਸ਼ਨਾਂ ਲਈ ਮੁਹਾਲੀ ਦੇ ਫੇਜ਼ ਸੱਤ ਦੀ ਕੋਠੀ ਨੰਬਰ 3045 ਵਿਚ ਰੱਖੀ ਜਾਵੇਗੀ।
ਇਸ ਦੌਰਾਨ ਭੱਲਾ ਦੇ ਮੁਹਾਲੀ ਦੇ ਫੇਜ਼ 7 ਸਥਿਤ ਘਰ ਵਿਚ ਫ਼ਿਲਮੀ ਹਸਤੀਆਂ ਤੇ ਸਿਆਸੀ ਹਸਤੀਆਂ ਦੇ ਆਉਣ ਦਾ ਸਿਲਸਿਲਾ ਜਾਰੀ ਹੈ। ਹੌਲੀਵੁੱਡ ਤੇ ਪੌਲੀਵੁੱਡ ਦੇ ਕਈ ਕਲਾਕਾਰਾਂ ਨੇ ਜਸਵਿੰਦਰ ਭੱਲਾ ਦੇ ਅਕਾਲ ਚਲਾਣੇ ’ਤੇ ਦੁੱਖ ਜਤਾਇਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ’ਤੇ ਇਕ ਪੋਸਟ ਵਿਚ ਪੌਲੀਵੁੱਡ ਅਦਾਕਾਰ ਜਸਵਿੰਦਰ ਭੱਲਾ ਦੇ ਦੇਹਾਂਤ ’ਤੇ ਅਫਸੋਸ ਜਤਾਇਆ ਹੈ। ਉਨ੍ਹਾਂ ਕਿਹਾ, ‘‘ਜਸਵਿੰਦਰ ਭੱਲਾ ਜੀ ਦੇ ਅਚਾਨਕ ਇਸ ਦੁਨੀਆਂ ਤੋਂ ਚਲੇ ਜਾਣਾ ਬੇਹੱਦ ਅਫ਼ਸੋਸਜਨਕ ਹੈ..ਛਣਕਾਟਿਆਂ ਦੀ ਛਣਕਾਰ ਬੰਦ ਹੋਣ ਤੇ ਮਨ ਉਦਾਸ ਹੈ..ਵਾਹਿਗੁਰੂ ਚਰਨਾਂ ਚ ਨਿਵਾਸ ਬਖਸ਼ਣ…ਚਾਚਾ ਚਤਰਾ ਹਮੇਸ਼ਾ ਸਾਡੇ ਦਿਲਾਂ ਚ ਵਸਦੇ ਰਹਿਣਗੇ..।