ਮਜੀਠੀਆ ਦੀ ਹਿਰਾਸਤ 20 ਸਤੰਬਰ ਤੱਕ ਵੱਧ
ਮੁਹਾਲੀ : ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਅਧੀਨ ਨਾਭਾ ਦੀ ਨਿਊ ਜੇਲ੍ਹ ਵਿੱਚ ਨਜ਼ਰਬੰਦ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ ਅਦਾਲਤ ਵੱਲੋਂ 14 ਦਿਨ ਦਾ ਵਾਧਾ ਕੀਤਾ ਗਿਆ ਹੈ। ਬਿਕਰਮ ਦੀ ਨਿਆਂਇਕ ਹਿਰਾਸਤ 20 ਸਤੰਬਰ ਤੱਕ ਵਧਾ ਦਿੱਤੀ ਗਈ ਹੈ
ਮੁਹਾਲੀ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ਵਿੱਚ ਅੱਜ ਬਿਕਰਮ ਮਜੀਠੀਆ ਦੀ ਪੇਸ਼ੀ ਸੀ। ਬਿਕਰਮ ਮਜੀਠੀਆ ਵੱਲੋਂ ਨਾਭਾ ਜੇਲ੍ਹ ਵਿੱਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ ਗਈ। ਇਸ ਮੌਕੇ ਸਰਕਾਰੀ ਅਤੇ ਬਚਾਓ ਪੱਖ ਦੇ ਵਕੀਲ ਮੌਜੂਦ ਸਨ। ਬਿਕਰਮ ਮਜੀਠੀਆ ਦੀ ਬੈਰਕ ਬਦਲਣ ਦੀ 11 ਜੁਲਾਈ ਨੂੰ ਦਾਇਰ ਕੀਤੀ ਪਟੀਸ਼ਨ ਉੱਤੇ ਵੀ ਮੁਹਾਲੀ ਦੀ ਅਦਾਲਤ ਵਿੱਚ ਲਗਾਤਾਰ ਸੁਣਵਾਈ ਚੱਲ ਰਹੀ ਹੈ ਪਰ ਹਾਲੇ ਤੱਕ ਉਸ ਉੱਤੇ ਕੋਈ ਫੈਸਲਾ ਨਹੀਂ ਹੋ ਸਕਿਆ।