ਬਿਕਰਮ ਦੀ ਹਿਰਾਸਤ ਦੀ ਲੋੜ ਨਹੀਂ: ਪੰਜਾਬ ਸਰਕਾਰ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਦੱਸਿਆ ਕਿ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਵਿਚ ਦਰਜ ਮਾਮਲੇ ਵਿੱਚ ਹਿਰਾਸਤ ਦੀ ਲੋੜ ਨਹੀਂ। ਜੇਕਰ ਜਾਂਚ ਏਜੰਸੀ ਨੂੰ ਬਾਅਦ ਵਿੱਚ ਉਸ ਦੀ ਹਿਰਾਸਤ ਵਿੱਚ ਪੁੱਛਗਿੱਛ ਦੀ ਲੋੜ ਪਈ ਤਾਂ ਸੱਤ ਦਿਨਾਂ ਦਾ ਪਹਿਲਾਂ ਨੋਟਿਸ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਨੇ ਅਗਾਊਂ ਜ਼ਮਾਨਤ ਦੇਣ ਲਈ ਹਾਈ ਕੋਰਟ ਦਾ ਰੁਖ਼ ਕੀਤਾ ਸੀ। ਇਸ ਕੇਸ ਦੀ ਸੁਣਵਾਈ ਜਸਟਿਸ ਤ੍ਰਿਭੁਵਨ ਦਹੀਆ ਨੇ ਕੀਤੀ ਤੇ ਪੰਜਾਬ ਦੇ ਵਧੀਕ ਐਡਵੋਕੇਟ-ਜਨਰਲ ਚੰਚਲ ਕੇ. ਸਿੰਗਲਾ ਨੇ ਵਕੀਲ ਕਵਿਤਾ ਜੋਸ਼ੀ ਨਾਲ ਅਦਾਲਤ ਦੇ ਸਾਹਮਣੇ ਪਹਿਲਾਂ ਤੋਂ ਭੇਜੇ ਨੋਟਿਸ ਸਬੰਧੀ ਹਲਫ਼ਨਾਮਾ ਪੇਸ਼ ਕੀਤਾ। ਮਜੀਠੀਆ ਦੀ ਨੁਮਾਇੰਦਗੀ ਵਕੀਲ ਡੀ.ਐਸ. ਸੋਬਤੀ ਅਤੇ ਸਵਪ੍ਰੀਤ ਗੁਜਰਾਲ ਨੇ ਕੀਤੀ। ਅੰਮ੍ਰਿਤਸਰ ਦੀ ਇੱਕ ਅਦਾਲਤ ਨੇ ਪਹਿਲਾਂ ਸੀਨੀਅਰ ਅਕਾਲੀ ਆਗੂ ਵਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਸੀ। ਉਨ੍ਹਾਂ ਦੇ ਵਕੀਲ ਇਹ ਦਲੀਲ ਦਿੰਦੇ ਰਹੇ ਹਨ ਕਿ ਇਹ ਮਾਮਲਾ ਰਾਜਨੀਤੀ ਤੋਂ ਪ੍ਰੇਰਿਤ ਸੀ ਅਤੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਰੱਖਣ ਲਈ ਕਈ ਮਾਮਲਿਆਂ ਵਿੱਚ ਝੂਠਾ ਫਸਾਇਆ ਜਾ ਰਿਹਾ ਸੀ।


