ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਰੱਦ

0
176

ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਰੱਦ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੀ ਅਰਜ਼ੀ ਰੱਦ ਕਰ ਦਿੱਤੀ ਹੈ ਜਿਸ ਕਾਰਨ ਹੁਣ ਉਹ ਸੰਸਦ ਦੇ ਸਰਦ ਰੁੱਤ ਸੈਸ਼ਨ ’ਚ ਭਾਗ ਨਹੀਂ ਲੈ ਸਕੇਗਾ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਮਾਮਲੇ ਵਿੱਚ ਦਾਇਰ ਪਟੀਸ਼ਨ ’ਤੇ 21 ਨਵੰਬਰ ਨੂੰ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਹਫ਼ਤੇ ’ਚ ਫ਼ੈਸਲਾ ਕਰਨ ਦੇ ਨਿਰਦੇਸ਼ ਦਿੱਤੇ ਸਨ। ਪੰਜਾਬ ਦੇ ਗ੍ਰਹਿ ਵਿਭਾਗ ਨੇ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਅਤੇ ਜ਼ਿਲ੍ਹਾ ਪੁਲੀਸ ਕਪਤਾਨ ਤੋਂ ਹਾਈ ਕੋਰਟ ਦੇ ਹੁਕਮਾਂ ਦੇ ਮੱਦੇਨਜ਼ਰ ਰਿਪੋਰਟ ਮੰਗੀ ਸੀ।ਅੰਮ੍ਰਿਤਸਰ ਪ੍ਰਸ਼ਾਸਨ ਨੇ ਪੈਰੋਲ ਦੀ ਅਰਜ਼ੀ ਰੱਦ ਕਰਨ ਦੀ ਸਿਫ਼ਾਰਸ਼ ਕੀਤੀ ਹੈ ਜਿਸ ਦੇ ਆਧਾਰ ’ਤੇ ਗ੍ਰਹਿ ਵਿਭਾਗ ਨੇ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਨਾ ਦੇਣ ਦਾ ਫ਼ੈਸਲਾ ਕੀਤਾ ਹੈ। ਸਰਕਾਰੀ ਸੂਤਰਾਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਦੱਸਣਯੋਗ ਹੈ ਕਿ ਸੰਸਦ ਦਾ ਸਰਦ ਰੁੱਤ ਇਜਲਾਸ ਪਹਿਲੀ ਦਸੰਬਰ ਤੋਂ 19 ਦਸੰਬਰ ਤੱਕ ਹੋ ਰਿਹਾ ਹੈ ਜਿਸ ’ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੇ ਆਪਣੇ ਵਕੀਲ ਜ਼ਰੀਏ ਅਦਾਲਤ ’ਚ ਪਟੀਸ਼ਨ ਦਾਇਰ ਕੀਤੀ ਸੀ।
ਜਾਣਕਾਰੀ ਮੁਤਾਬਕ ਸੁਪਰੀਮ ਕੋਰਟ ’ਚ ਵੀ ਅੰਮ੍ਰਿਤਪਾਲ ਸਿੰਘ ਦੇ ਸਬੰਧ ’ਚ ਇੱਕ ਮਾਮਲਾ ਸੁਣਵਾਈ ਅਧੀਨ ਹੈ। ਅੰਮ੍ਰਿਤਪਾਲ ਸਿੰਘ ਕੌਮੀ ਸੁਰੱਖਿਆ ਐਕਟ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਅਪਰੈਲ 2023 ਤੋਂ ਨਜ਼ਰਬੰਦ ਹੈ। ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਹਲਕੇ ਤੋਂ ਲੋਕ ਸਭਾ ਦੀ ਚੋਣ ਵੀ ਨਜ਼ਰਬੰਦੀ ਦੌਰਾਨ ਹੀ ਜਿੱਤੀ ਸੀ। ਸੰਸਦੀ ਚੋਣਾਂ ਦੇ ਨਤੀਜੇ ਚਾਰ ਜੂਨ 2024 ਨੂੰ ਐਲਾਨੇ ਗਏ ਸਨ ਪ੍ਰੰਤੂ ਉਹ ਹਾਲੇ ਤੱਕ ਸੰਸਦ ਦੇ ਕਿਸੇ ਵੀ ਸੈਸ਼ਨ ’ਚ ਹਿੱਸਾ ਨਹੀਂ ਲੈ ਸਕਿਆ ਹੈ। ਚੀਫ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੇ ਬੈਂਚ ਨੇ 21 ਨਵੰਬਰ ਨੂੰ ਇਸ ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਹਫ਼ਤੇ ’ਚ ਪੈਰੋਲ ’ਤੇ ਫ਼ੈਸਲਾ ਕਰਨ ਲਈ ਕਿਹਾ ਸੀ।

LEAVE A REPLY

Please enter your comment!
Please enter your name here