ਪੰਜਾਬ ’ਚ ਕਥਿਤ ਗੈਂਗਸਟਰਾਂ ਦੇ ਘਰਾਂ ਵਿੱਚ ਪੁਲਿਸ ਛਾਪੇ
ਚੰਡੀਗੜ੍ਹ: ਪੁਲੀਸ ਨੇ ਗੈਂਗਸਟਰਾਂ ਵਿਰੁੱਧ ਸ਼ਿਕੰਜਾ ਕੱਸਦਿਆਂ ਸੂਬੇ ਵਿਚ 1159 ਤੋਂ ਵੱਧ ਸ਼ੱਕੀਆਂ ਦੇ ਟਿਕਾਣਿਆਂ ’ਤੇ ਛਾਪੇ ਮਾਰੇ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇ ਇੱਕੋ ਸਮੇਂ ਮਾਰੇ ਗਏ ਅਤੇ ਰਾਜ ਦੇ 28 ਪੁਲੀਸ ਜ਼ਿਲ੍ਹਿਆਂ ਵਿੱਚ ਗੈਂਗਸਟਰਾਂ ਦੇ ਸਾਥੀਆਂ, ਰਿਸ਼ਤੇਦਾਰਾਂ ਅਤੇ ਦੋਸਤਾਂ ਦੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ਦੀ ਤਲਾਸ਼ੀ ਲਈ ਗਈ। ਇਸ ਅਪਰੇਸ਼ਨ ਦਾ ਉਦੇਸ਼ ਭਾਰਤ ਅਤੇ ਵਿਦੇਸ਼ਾਂ ਵਿੱਚ ਵਸਦੇ ਅਤਿਵਾਦੀਆਂ, ਗੈਂਗਸਟਰਾਂ ਤੇ ਨਸ਼ਾ ਤਸਕਰਾਂ ਦੇ ਆਪਸੀ ਗਠਜੋੜ ਨੂੰ ਸੱਟ ਮਾਰਨਾ ਹੈ। ਇਕ ਕਾਰਵਾਈ ਵਿੱਚ 2500 ਤੋਂ ਵੱਧ ਪੁਲੀਸ ਮੁਲਾਜ਼ਮਾਂ ਦੀਆਂ 625 ਪੁਲੀਸ ਟੀਮਾਂ ਵੱਲੋਂ 1159 ਥਾਵਾਂ ਦੀ ਜਾਂਚ ਕੀਤੀ ਗਈ। ਕਾਰਵਾਈ ਦੌਰਾਨ ਇੱਕ ਵਿਅਕਤੀ ਤੋਂ 120 ਗ੍ਰਾਮ ਹੈਰੋਇਨ, 32 ਬੋਰ ਪਿਸਤੌਲ ਅਤੇ ਪੰਜ ਕਾਰਤੂਸਾਂ ਸਮੇਤ ਗਿ੍ਰਫ਼ਤਾਰ ਕੀਤਾ ਗਿਆ ਹੈ ਇਸ ਤੋਂ ਇਲਾਵਾ ਪੁੱਛਗਿੱਛ ਲਈ 30 ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ ਜਿਨ੍ਹਾਂ ਤੋਂ ਕਬਜ਼ੇ ’ਚੋਂ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ।