ਸੁਲਤਾਨਪੁਰ ਲੋਧੀ :- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554 ਸਾਲਾ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਵਿਚ ਮਨਾਇਆ ਜਾ ਰਿਹਾ ਹੈ। ਇਸ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ‘ਚ ਵੀ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਮੌਕੇ ਦੁਨੀਆ ਭਰ ਤੋਂ ਸੰਗਤਾਂ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ‘ਤੇ ਪਹੁੰਚ ਰਹੀਆਂ ਹਨ।
ਇਸ ਦੌਰਾਨ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 554ਵੇਂ ਪ੍ਰਕਾਸ਼ ਪੁਰਬ ਸਬੰਧੀ ਅੱਜ ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿਚ ਪੁਰਾਤਨ ਰਿਵਾਇਤ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਥੇ ਦੱਸ ਦੇਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਪਵਿੱਤਰ ਵੇਈਂ ਵਿੱਚ ਇਸ਼ਨਾਨ ਕਰਨ ਲਈ ਚੁੱਭੀ ਮਾਰਨ ਤੋਂ ਬਾਅਦ ਜਿਸ ਅਸਥਾਨ ’ਤੇ ਪ੍ਰਗਟ ਹੋਏ ਸਨ, ਉੱਥੇ ਗੁਰਦੁਆਰਾ ਸੰਤ ਘਾਟ ਸਾਹਿਬ ਬਣਿਆ ਹੋਇਆ ਹੈ। ਇਥੇ ਹੀ ਗੁਰੂ ਜੀ ਨੇ ਮੂਲ ਮੰਤਰ ਦਾ ਉਚਾਰਨ ਕੀਤਾ ਸੀ। ਇਥੋਂ ਹੀ ਬਾਣੀ ਦੀ ਸ਼ੁਰੂਆਤ ਹੋਈ ਸੀ, ਜਿਸ ਕਰਕੇ ਦੇਸ਼-ਵਿਦੇਸ਼ ਤੋਂ ਸੰਗਤਾਂ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣੇ ਆਪ ਨੂੰ ਵਡਭਾਗਾ ਸਮਝ ਰਹੀਆਂ ਹਨ।
ਸ੍ਰੀ ਗੁਰੂ ਨਾਨਕ ਦੇਵ ਜੀ ਪਵਿੱਤਰ ਕਾਲੀ ਵੇਈਂ ਵਿੱਚ ਹਰ ਰੋਜ਼ ਇਸ਼ਨਾਨ ਕਰਕੇ ਭਗਤੀ ਕਰਿਆ ਕਰਦੇ ਸਨ। ਇਥੇ ਹੀ ਕਾਲੀਂ ਵੇਈਂ ਦੇ ਕੰਢੇ ਮੌਜੂਦਾ ਸਮੇਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਸ਼ੋਭਿਤ ਹੈ, ਜਿਸ ਕਰਕੇ ਪੁਰਾਤਨ ਰਿਵਾਇਤ ਨਾਲ ਵਿਸ਼ਾਲ ਨਗਰ ਕੀਰਤਨ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਹੁੰਚ ਕੇ ਸਪੰਨ ਹੋਵੇਗਾ। ਇਸ ਨਗਰ ਕੀਰਤਨ ਵਿੱਚ ਸਕੂਲੀ ਬੱਚੇ ਅਤੇ ਗੱਤਕਾ ਪਾਰਟੀਆਂ ਖਿੱਚ ਦਾ ਕੇਂਦਰ ਬਣੇ ਹੋਏ ਹਨ।
ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਸ਼ਬਦਾਂ ਪ੍ਰਗਟਾਵਾ ਡਿਪਟੀ ਇੰਸਪੈਕਟਰ ਜਨਰਲ ਪੁਲਸ ਐੱਸ. ਭੂਪਤੀ ਅਤੇ ਐੱਸ. ਐੱਸ. ਪੀ. ਵਤਸਲਾ ਗੁਪਤਾ ਨੇ ‘ਵਰਿਸ਼ਠ ਪਤਰਕਾਰ ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਇਸ ਦੇ ਨਾਲ ਹੀ ਸ਼ਰਧਾਲੂਆਂ ਨੂੰ ਖ਼ਾਸ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ। ਡੀ. ਆਈ. ਜੀ. ਐੱਸ. ਭੂਪਤੀ ਨੇ ਕਿਹਾ ਕਿ ਸੁਰੱਖਿਆ ਨੂੰ ਲੈ ਕੇ ਜ਼ਿਲ੍ਹਾ ਕਪੂਰਥਲਾ ਦੀ ਪੁਲਸ ਵੱਲੋਂ 1500 ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ। ਇਸ ਤੋਂ ਇਲਾਵਾ 20 ਉੱਚ ਅਧਿਕਾਰੀ ਵੀ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ’ਚ ਆਈ. ਜੀ. ਰੈਂਕ, ਐੱਸ. ਐੱਸ. ਪੀ. ਰੈਂਕ, ਐੱਸ. ਪੀ., ਡੀ. ਐੱਸ. ਪੀ. ਰੈਂਕ ਦੇ ਅਧਿਕਾਰੀ ਵੀ ਸ਼ਾਮਲ ਹਨ।
ਐੱਸ. ਐੱਸ. ਪੀ. ਵਤਸਲਾ ਗੁਪਤਾ ਨੇ ਕਿਹਾ ਕਿ ਸ਼ਰਧਾਲੂਆਂ ਦੀ ਸੁਰੱਖਿਆ ’ਚ ਤਾਇਨਾਤ ਕੀਤੇ ਪੁਲਸ ਅਧਿਕਾਰੀ ਅਤੇ ਕਰਮਚਾਰੀ ਚਾਰੇ ਪਾਸੇ ਤਿੱਖੀ ਨਜ਼ਰ ਰੱਖਣਗੇ। ਕਿਸੇ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਡੀ. ਐੱਸ. ਪੀ. ਬਬਨਦੀਪ ਸਿੰਘ, ਡੀ. ਐੱਸ. ਪੀ. ਗੁਰਮੀਤ ਸਿੰਘ ਸਿੱਧੂ, ਥਾਣਾ ਮੁਖੀ ਲਖਵਿੰਦਰ ਸਿੰਘ ਟੁਰਨਾਂ, ਰੀਡਰ ਹਰਵਿੰਦਰ ਸਿੰਘ ਆਦਿ ਮੌਜੂਦ ਸਨ।
‘ਈ’-ਰਿਕਸ਼ਾ ਤੇ 7 ਪਾਰਕਿੰਗ ਦਾ ਕੀਤਾ ਗਿਐ ਇੰਤਜ਼ਾਮ
ਡੀ. ਆਈ. ਜੀ. ਨੇ ਕਿਹਾ ਕਿ ਪਬਲਿਕ ਲਈ ਵਾਹਨਾਂ ਦੀ ਪਾਰਕਿੰਗ ਲਈ 7 ਪਾਰਕਿੰਗ ਦਾ ਇੰਤਜ਼ਾਮ ਕੀਤਾ ਗਿਆ। ਇਸ ਤੋਂ ਇਲਾਵਾ ਸੰਗਤ ਲਈ ‘ਈ’-ਰਿਕਸ਼ਾ ਦਾ ਪ੍ਰਬੰਧ ਵੀ ਪ੍ਰਸ਼ਾਸਨ ਵੱਲੋਂ ਕੀਤਾ ਗਿਆ। ਇਸ ਤੋਂ ਇਲਾਵਾ ਸ਼ਹਿਰ ਦੀ ਐਂਟਰੀ ਪੁਆਇੰਟਾਂ ’ਤੇ ਵੀ ਪੁਲਸ ਵੱਲੋਂ ਨਾਕਾਬੰਦੀ ਕੀਤੀ ਗਈ। ਪੁਲਸ ਵੱਲੋਂ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿਚ ਹੈ ਅਤੇ ਕਿਸੇ ਨੂੰ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।