ਲੋਕਾਂ ਦਾ ਪੈਸਾ ਖਾ ਕੇ ਬਣਾਏ ਮਹਿਲ ਢਾਹੇ ਜਾਣਗੇ: ਮਾਨ
ਸੰਗਰੂਰ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਿਆਸੀ ਆਗੂਆਂ ਵੱਲੋਂ ਲੋਕਾਂ ਦਾ ਪੈਸਾ ਖਾ ਕੇ ਬਣਾਏ ਗਏ ਵੱਡੇ-ਵੱਡੇ ਪੈਲੇਸ, ਮਹਿਲ ਅਤੇ ਰਿਜ਼ੌਰਟਾਂ ’ਤੇ ਜਲਦ ਹੀ ਬੁਲਡੋਜ਼ਰ ਚੱਲਣਗੇ। ਉਨ੍ਹਾਂ ਕਿਹਾ ਕਿ ਗਲਤ ਢੰਗ ਨਾਲ ਬਣਾਈਆਂ ਇਮਾਰਤਾਂ ਨੂੰ ਢਹਿ-ਢੇਰੀ ਕਰ ਦਿੱਤਾ ਜਾਵੇਗਾ।
ਉਨ੍ਹਾਂ ਕਸਬਾ ਚੀਮਾ ਵਿੱਚ ‘ਵਿਕਾਸ ਕ੍ਰਾਂਤੀ ਰੈਲੀ’ ਨੂੰ ਸੰਬੋਧਨ ਕਰਦਿਆਂ ਸੰਗਰੂਰ ਜ਼ਿਲ੍ਹੇ ਨੂੰ 869 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਤੋਹਫ਼ਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਾਸੀਆਂ ਨੇ ਕਦੇ ਸੋਚਿਆ ਵੀ ਨਹੀਂ ਹੋਣਾ ਕਿ ਇਨ੍ਹਾਂ ਆਗੂਆਂ ਨੂੰ ਕੋਈ ਹੱਥ ਪਾ ਲਵੇਗਾ। ਉਨ੍ਹਾਂ ਆਖਿਆ ਕਿ ਇਨ੍ਹਾਂ ਵੱਡੇ-ਵੱਡੇ ਮਹਿਲਾਂ, ਪੈਲੇਸਾਂ, ਫਾਰਮ ਹਾਊਸਾਂ ਤੇ ਰਿਜ਼ੌਰਟਾਂ ਨੂੰ ਢਾਹ ਕੇ ਇਸ ਦਾ ਪੈਸਾ ਲੋਕਾਂ ਦੀ ਭਲਾਈ ਲਈ ਖਰਚਿਆ ਜਾਵੇਗਾ। ਉਨ੍ਹਾਂ ਆਖਿਆ ਕਿ ਇਨ੍ਹਾਂ ਲੀਡਰਾਂ ਨੂੰ ਉਨ੍ਹਾਂ ਦੇ ਗੁਨਾਹਾਂ ਲਈ ਸਬਕ ਸਿਖਾਇਆ ਜਾਵੇਗਾ। ਮੁੱਖ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਮਨਪ੍ਰੀਤ ਬਾਦਲ ਅਤੇ ਹੋਰ ਆਗੂਆਂ ’ਤੇ ਵਰ੍ਹਦਿਆਂ ਕਿਹਾ ਕਿ ਇਹ ਪੰਜਾਬ ਦੇ ਹੋ ਕੇ ਵੀ ਪੰਜਾਬ ਦੇ ਹੱਕ ਦੀ ਗੱਲ ਨਹੀਂ ਕਰਦੇ ਅਤੇ ਪੰਜਾਬ ਦੇ ਮੁੱਦਿਆਂ ’ਤੇ ਚੁੱਪ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ 8 ਹਜ਼ਾਰ ਕਰੋੜ ਤੋਂ ਵੱਧ ਰੁਪਏ ਦੇ ਫੰਡਾਂ ਨੂੰ ਗਲਤ ਤਰੀਕੇ ਨਾਲ ਰੋਕ ਰੱਖਿਆ ਹੈ। ਇਨ੍ਹਾਂ ’ਚੋਂ 5500 ਕਰੋੜ ਰੁਪਏ ਦੇ ਰੂਰਲ ਡਿਵੈਲਪਮੈਂਟ ਫੰਡ ਕੈਪਟਨ ਦੀਆਂ ਗਲਤੀਆਂ ਕਾਰਨ ਰੋਕ ਰੱਖੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਪੰਜਾਬ ਨਾਲ ਬੇਇਨਸਾਫ਼ੀ ਕਰ ਰਿਹਾ ਹੈ ਜਦਕਿ ਇਹ ਆਗੂ ਭਾਜਪਾ ਦੇ ਗੁਣ ਗਾ ਰਹੇ ਹਨ। ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅਕਾਲੀ ਦਲ ’ਚ ਘਰ ਵਾਪਸੀ ’ਤੇ ਵਿਅੰਗ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਢੀਂਡਸਾ ਪਰਿਵਾਰ ਨੇ ਅਕਾਲੀ ਦਲ ਵਿੱਚ ‘ਘਰ ਵਾਪਸੀ’ ਹੋਣ ਦਾ ਦਾਅਵਾ ਕੀਤਾ ਹੈ ਪਰ ਹੁਣ ਇਹ ਕਦੇ ਵੀ ਆਮ ਲੋਕਾਂ ਦਾ ਦਿਲ ਨਹੀਂ ਜਿੱਤ ਸਕਦੇ।
ਸ੍ਰੀ ਮਾਨ ਨੇ ਕਿਹਾ ਕਿ ਸੂਬੇ ਦਾ ਖਜਾਨਾ ਕਦੇ ਵੀ ਖਾਲੀ ਨਹੀਂ ਰਿਹਾ ਪਰ ਪਹਿਲਾਂ ਦੇ ਸਿਆਸੀ ਆਗੂਆਂ ਨੇ ਲੋਕਾਂ ਦੀ ਭਲਾਈ ਲਈ ਕੋਈ ਉਪਰਾਲਾ ਨਹੀਂ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ 13-0 ਨਾਲ ਜਿਤਾ ਦੇਣ, ਇਸ ਤੋਂ ਬਾਅਦ ਉਨ੍ਹਾਂ ਦੀ ਭਲਾਈ ਲਈ ਹੋਰ ਸਕੀਮਾਂ ਲਿਆਂਦੀਆਂ ਜਾਣਗੀਆਂ।