ਨਵੇਂ ਨਾਨਕਸ਼ਾਹੀ ਵਰ੍ਹੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ
ਅੰਮਿ੍ਰਤਸਰ: ਸ਼੍ਰੋਮਣੀ ਕਮੇਟੀ ਵੱਲੋਂ ਨਾਨਕਸ਼ਾਹੀ ਕੈਲੰਡਰ ਮੁਤਾਬਕ ਨਵੇਂ ਵਰ੍ਹੇ ਸੰਮਤ 556 ਦੀ ਆਮਦ ’ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧ ਵਿੱਚ ਅੱਜ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਵੱਡੀ ਗਿਣਤੀ ਸਰਧਾਲੂਆਂ ਨੇ ਨਵੇਂ ਵਰ੍ਹੇ ਦੀ ਸੁਰੂਆਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤੀ।
ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਸੰਗਤ ਨੂੰ ਨਾਨਕਸ਼ਾਹੀ ਵਰ੍ਹੇ 556 ਦੀ ਵਧਾਈ ਦਿੱਤੀ ਅਤੇ ਗੁਰਮਤਿ ਅਨੁਸਾਰ ਜੀਵਨ ਜਿਉੂਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਸਿੱਖ ਕੌਮ ਨੂੰ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਦਿਨ ਮਨਾਉਣ ਦੀ ਅਪੀਲ ਕੀਤੀ। ਇਸੇ ਦੌਰਾਨ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਆਮ ਦਿਨਾਂ ਨਾਲੋਂ ਵਧੇਰੇ ਗਿਣਤੀ ਸੰਗਤ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀ। ਸਰਧਾਲੂਆਂ ਨੇ ਸਰੋਵਰ ਵਿੱਚ ਇਸਨਾਨ ਕੀਤਾ। ਉਨ੍ਹਾਂ ਦੱਸਿਆ ਕਿ ਰਾਤ ਵੇਲੇ ਨਵੇਂ ਵਰ੍ਹੇ ਦੇ ਨਾਨਕਸਾਹੀ ਕੈਲੰਡਰ ਸੰਗਤ ਨੂੰ ਵੰਡੇ ਗਏ ਸਨ।